ਸੇਵਾ ਕੇਂਦਰ ਬੰਦ ਕਰਨ ਖ਼ਿਲਾਫ “ਰਾਜ ਨਹੀਂ ਸੇਵਾ’ ਸਿਆਸਤ

35 seva
ਚੰਡੀਗੜ੍ਹ (Sting Operation)- ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ 1647 ਸੇਵਾ ਕੇਂਦਰਾਂ ਨੂੰ ਅਚਾਨਕ ਬੰਦ ਕਰਨ ਦਾ ਫੈਸਲਾ ਕਰਕੇ ਅਕਾਲੀ-ਭਾਜਪਾ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਬੂਹੇ ਤਕ ਪੁੱਜਦਾ ਕਰਨ ਲਈ ਸ਼ੁਰੂ ਕੀਤੇ ਪ੍ਰਸਾਸ਼ਕੀ ਸੁਧਾਰਾਂ ਦਾ ਭੋਗ ਪਾ ਦਿੱਤਾ ਹੈ।
ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਿਨਾਂ ਕੋਈ ਠੋਸ ਕਾਰਣ ਦੱਸੇ 1647 ਸੇਵਾ ਕੇਂਦਰਾਂ ਨੂੰ ਬੰਦ ਕਰਨ ਨਾਲ ਕੁਸ਼ਲ ਨੌਜਵਾਨਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸਰਕਾਰ ਘਰ ਘਰ ਨੌਕਰੀ ਦਾ ਵਾਅਦਾ ਕਰਦੀ ਆ ਰਹੀ ਹੈ, ਪਰ ਜਾਪਦਾ ਇਸ ਤਰ੍ਹਾਂ ਹੈ ਕਿ ਇਹ ਸੂਬੇ ਦੇ ਹਰ ਘਰ ਕੋਲੋਂ ਨੌਕਰੀ ਖੋਹਣ ਲਈ ਕੰਮ ਕਰ ਰਹੀ ਹੈ। ਇਸ ਕਠੋਰ ਫੈਸਲੇ ਕਰਕੇ ਨੌਕਰੀਆਂ ਗੁਆਉਣ ਵਾਲੇ ਸਾਰੇ ਨੌਜਵਾਨਾਂ ਲਈ ਤੁਰੰਤ ਬਦਲਵੇਂ ਰੋਜ਼ਗਾਰ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਇਹ ਗੱਲ ਬਹੁਤ ਅਫਸੋਸਨਾਕ ਹੈ ਕਿ ਸਰਕਾਰ ਐਲਾਨ ਕਰ ਰਹੀ ਹੈ ਕਿ ਉਹ ਸੇਵਾ ਕੇਂਦਰਾਂ ਵਿਚ ਆਂਗਣਵਾੜੀ ਕੇਂਦਰ ਖੋਲ੍ਹ ਦੇਵੇਗੀ ਅਤੇ ਉਹਨਾਂ ਨੂੰ ਪੰਚਾਇਤ ਘਰਾਂ ਵਿਚ ਤਬਦੀਲ ਕਰ ਦੇਵੇਗੀ। ਉਹਨਾਂ ਕਿਹਾ ਕਿ ਇਹਨਾਂ ਕੇਂਦਰਾਂ ਦੀ ਉਸਾਰੀ 200 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਸੀ। ਜਾਤ, ਜਨਮ ਅਤੇ ਮੌਤ ਦੇ ਸਰਟੀਫਿਕੇਟਾਂ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿੰਦੇ ਲੋਕਾਂ ਨੂੰ ਸਮਾਜ ਭਲਾਈ ਪੈਨਸ਼ਨਾਂ ਦੇਣ ਸਮੇਤ 78 ਸੇਵਾਵਾਂ ਪ੍ਰਦਾਨ ਕਰਨ ਵਾਲੇ ਇਹ ਸੇਵਾ ਕੇਂਦਰ ਪੂਰੀ ਤਰ੍ਹਾਂ ਆਧੁਨਿਕ ਤਕਨਾਲੌਜੀ ਨਾਲ ਲੈਸ ਹਨ। ਦੂਜੇ ਰਾਜਾਂ ਵੱਲੋਂ ਵੀ ਲਾਗੂ ਕੀਤੇ ਗਏ ਇਸ ਸੁਧਾਰਵਾਦੀ ਕਦਮ ਨੂੰ ਹੋਰ ਅਗਾਂਹ ਲੈ ਕੇ ਜਾਣ ਦੀ ਥਾਂ ਕਾਂਗਰਸ ਸਰਕਾਰ ਇਸ ਨੂੰ ਬੰਦ ਕਰਨਾ ਚਾਹੁੰਦੀ ਹੈ ਅਤੇ ਇਸ ਆਧੁਨਿਕ ਬੁਨਿਆਦੀ ਢਾਂਚੇ ਨੂੰ ਉਹਨਾਂ ਸਹੂਲਤਾਂ ਵਾਸਤੇ ਇਸਤੇਮਾਲ ਕਰਨਾ ਚਾਹੁੰਦੀ ਹੈ, ਜੋ ਲੋਕਾਂ ਕੋਲ ਪਹਿਲਾਂ ਹੀ ਮੌਜੂਦ ਹਨ।
ਅਕਾਲੀ ਆਗੂ ਨੇ ਕਿਹਾ ਕਿ ਸੇਵਾ ਕੇਂਦਰਾਂ, ਜੋ ਕਿ ਅਸਲੀਅਤ ਵਿਚ ਵਿਭਿੰਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਕੇਂਦਰ ਹਨ, ਨੂੰ ਬਣਾਉਣ ਦਾ ਫੈਸਲਾ ਪ੍ਰਦੇਸ਼ ਪ੍ਰਸਾਸ਼ਕੀ ਸੁਧਾਰ ਕਮਿਸ਼ਨ ਵੱਲੋਂ ਕਾਫੀ ਸੋਚ ਵਿਚਾਰ ਕਰਨ ਮਗਰੋਂ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਨੂੰ ਇਹਨਾਂ ਕੇਂਦਰਾਂ ਉੱਤੇ ਇੱਕ ਨਿਸ਼ਚਿਤ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਸੇਵਾ ਦਾ ਅਧਿਕਾਰ ਐਕਟ, ੨੦੧੧ ਲਿਆਂਦਾ ਸੀ। ਕਾਂਗਰਸ ਸਰਕਾਰ ਵੱਲੋਂ ਇਹ ਅਨੌਖੀ ਸੇਵਾ ਨੂੰ ਬੰਦ ਕੀਤੇ ਜਾਣ ਪਿੱਛੇ ਇੱਕੋ ਦਲੀਲ ਸਮਝ ਆਉਂਦੀ ਹੈ, ਕਿ ਇਹ ਸਰਕਾਰ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੇ ਸਾਰੇ ਲੋਕ-ਪੱਖੀ ਪ੍ਰਾਜੈਕਟਾਂ ਨੂੰ ਬੰਦ ਕਰਨ ਉੱਤੇ ਤੁਲੀ ਹੋਈ ਹੈ।

About Sting Operation

Leave a Reply

Your email address will not be published. Required fields are marked *

*

themekiller.com