ਸ਼੍ਰੋਮਣੀ ਕਮੇਟੀ ਦੇ 500 ਮੁਲਾਜ਼ਮਾਂ ਦੀਆਂ ਨੌਕਰੀਆਂ ‘ਤੇ ਤਲਵਾਰ

31 SGPC
ਫਤਹਿਗੜ੍ਹ ਸਾਹਿਬ(Sting Operation)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 500 ਮੁਲਾਜ਼ਮਾਂ ਦੀਆਂ ਨੌਕਰੀਆਂ ‘ਤੇ ਤਲਵਾਰ ਲਟਕ ਗਈ ਹੈ। ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪਿਛਲੇ ਸਮੇਂ ਹੋਈਆਂ ਭਰਤੀਆਂ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਚਰਚਾ ਕੀਤੀ ਗਈ। ਇਸ ਸਬੰਧੀ ਜਾਂਚ ਰਿਪੋਰਟ ਪੇਸ਼ ਕੀਤੀ ਗਈ ਜਿਸ ਨੂੰ ਜਲਦ ਹੀ ਜਨਤਕ ਕੀਤਾ ਜਾਏਗਾ। ਇਸ ਨਾਲ 500 ਮੁਲਾਜ਼ਮਾਂ ਦੀਆਂ ਨੌਕਰੀਆਂ ਖੁਸ ਸਕਦੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ।
ਇਸ ਜਾਂਚ ਕਮੇਟੀ ਨੂੰ ਪਿਛਲੇ ਵਰ੍ਹੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੇਲੇ ਹੋਈਆਂ 500 ਤੋਂ ਵੱਧ ਭਰਤੀਆਂ ਦੀ ਜਾਂਚ ਦਾ ਮਾਮਲਾ ਸੌਂਪਿਆ ਗਿਆ ਸੀ। ਇਹ ਭਰਤੀਆਂ ਉਸ ਵੇਲੇ ਵਿਵਾਦ ਦੇ ਘੇਰੇ ਵਿੱਚ ਆਈਆਂ ਸਨ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਵਰ੍ਹੇ ਨਵੰਬਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ। ਮੈਂਬਰਾਂ ਵੱਲੋਂ ਇਲਜ਼ਾਮ ਲਾਏ ਗਏ ਸਨ ਕਿ ਭਰਤੀਆਂ ਵਿੱਚ ਨਿਯਮਾਂ ਦੀ ਅਣਦੇਖੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਅਜਿਹੀਆਂ ਭਰਤੀਆਂ ਨੂੰ ਰੱਦ ਵੀ ਕੀਤਾ ਜਾ ਸਕਦਾ ਹੈ।
ਮੀਟਿੰਗ ਵਿੱਚ ਮਾਸਿਕ ਰਿਪੋਰਟ ਬਾਰੇ ਚਰਚਾ ਕੀਤੀ ਗਈ ਤੇ ਇਸ ਬਾਰੇ ਕੁਝ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਤੋਂ ਬਾਹਰ ਸਥਾਪਤ ਕੀਤੇ ਗਏ ਸਿੱਖ ਮਿਸ਼ਨ ਕੇਂਦਰਾਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ। ਕਈ ਹੋਰ ਸੂਬਿਆਂ ਵਿੱਚ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਜਿਹੇ ਨਵੇਂ ਸਿੱਖ ਮਿਸ਼ਨ ਕੇਂਦਰ ਸਥਾਪਤ ਹੋਣਗੇ। ਵਿਦਿਅਕ ਮਾਮਲਿਆਂ ਤਹਿਤ ਸਿੱਖ ਸੰਸਥਾ ਵੱਲੋਂ ਇਸ ਵਾਰ ਵਿਦਿਅਕ ਅਦਾਰਿਆਂ ਵਿੱਚ ਧਰਮ ਪ੍ਰਚਾਰ ਦੀ ਸਿਖਿਆ ਨੂੰ ਵਧੇਰੇ ਤਰਜੀਹ ਦਿੱਤੀ ਜਾਵੇਗੀ।
ਲੌਂਗੋਵਾਲ ਨੇ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਆਪਸੀ ਮੇਲ ਮਿਲਾਪ ਤੇ ਮਿਲਵਰਤਣ ਵਧਾਉਣ, ਜਾਤਾਂ-ਪਾਤਾਂ ਤੇ ਬਰਾਦਰੀਆਂ ਦੀ ਵਿੱਥ ਨੂੰ ਖ਼ਤਮ ਕਰਨ ਲਈ ‘ਇੱਕ ਨਗਰ ਇੱਕ ਗੁਰਦੁਆਰਾ ਮੁਹਿੰਮ’ ਨੂੰ ਉਤਸ਼ਾਹਤ ਕਰਨ ਵਾਲੀਆਂ ਪੰਚਾਇਤਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਸਨਮਾਨਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਪ੍ਰਾਪਤ ਕਰਨ ਵਾਲੀ ਤਰਨ ਤਾਰਨ ਜ਼ਿਲ੍ਹੇ ਦੀ ਸਿੱਖ ਲੜਕੀ ਨਵਜੋਤ ਕੌਰ ਨੂੰ 2 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਅੰਡਰ-19 ਵਿਚ ਕ੍ਰਿਕਟ ਵਿਸ਼ਵ ਕੱਪ-2018 ਦੌਰਾਨ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਸਿੱਖ ਖਿਡਾਰੀ ਅਰਸ਼ਦੀਪ ਸਿੰਘ ਨੂੰ ਵੀ 1 ਲੱਖ 25 ਹਜ਼ਾਰ ਰੁਪਏ ਦਾ ਸਨਮਾਨ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਵੀ ਸੁਹਿਰਦ ਵਿਚਾਰਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ 15 ਮਾਰਚ ਨੂੰ ਸਿੱਖ ਵਾਤਾਵਰਣ ਦਿਵਸ ਵਜੋਂ ਵਿਸ਼ਾਲ ਪੱਧਰ ’ਤੇ ਮਨਾਉਂਦਿਆਂ ਵੱਡੀ ਗਿਣਤੀ ਵਿਚ ਬੂਟੇ ਲਗਾਏ ਜਾਣਗੇ। ਇਸ ਸਬੰਧੀ ਸਕੂਲਾਂ ਕਾਲਜਾਂ ਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਤਾਵਰਣ ਦੀ ਸੰਭਾਲ ਲਈ ਸੰਗਤਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ।

About Sting Operation

Leave a Reply

Your email address will not be published. Required fields are marked *

*

themekiller.com